Saturday, 31 Jan 2026

ਡਵੀਜ਼ਨਲ ਕਮਿਸ਼ਨਰ ਵੱਲੋਂ ਕਮਿਸ਼ਨਰ ਦਫ਼ਤਰ ਵਿਖੇ ਨਵੇਂ ਬਣੇ ਸ਼ੈੱਡ ਤੇ ਵਾਟਰ ਕੂਲਰ ਦਾ ਉਦਘਾਟਨ|

ਆਮ ਲੋਕਾਂ ਦੀ ਸਹੂਲਤ ਲਈ ਡਵੀਜ਼ਨਲ ਕਮਿਸ਼ਨਰ ਦੇ ਯਤਨਾਂ ਸਦਕਾ ਕੀਤਾ ਗਿਆ ਉਪਰਾਲਾ 

ਡਿਪਟੀ ਕਮਿਸ਼ਨਰ ਤੇ ਕਮਿਸ਼ਨਰ ਨਗਰ ਨਿਗਮ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਸਬੰਧੀ ਕੀਤਾ ਵਿਚਾਰ-ਵਟਾਂਦਰਾ  

ਜਲੰਧਰ ਅੱਜ ਮਿਤੀ 25 ਅਕਤੂਬਰ (ਸੋਨੂੰ ਬਾਈ) :- ਆਮ ਲੋਕਾਂ ਦੇ ਬੈਠਣ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਡਵੀਜ਼ਨਲ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਵੱਲੋਂ ਅੱਜ ਕਮਿਸ਼ਨਰ ਦਫ਼ਤਰ ਕੰਪਲੈਕਸ ਵਿਖੇ ਨਵੇਂ ਬਣੇ ਸ਼ੈੱਡ ਅਤੇ ਵਾਟਰ ਕੂਲਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਵੀ ਮੌਜੂਦ ਸਨ।
ਸ਼੍ਰੀ ਸੱਭਰਵਾਲ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਡਵੀਜ਼ਨਲ ਕਮਿਸ਼ਨਰ ਦਫ਼ਤਰ ਕੰਪਲੈਕਸ ਵਿਖੇ ਜਲੰਧਰ ਡਵੀਜ਼ਨ ’ਚ ਪੈਂਦੇ ਵੱਖ-ਵੱਖ ਜ਼ਿਲ੍ਹਿਆਂ ਦੇ ਆਉਣ ਵਾਲੇ ਲੋਕਾਂ ਦੇ ਬੈਠਣ ਲਈ ਡਿਪਟੀ ਕਮਿਸ਼ਨਰ ਜਲੰਧਰ ਅਤੇ ਕਮਿਸ਼ਨਰ ਨਗਰ ਨਿਗਮ ਦੇ ਸਹਿਯੋਗ ਨਾਲ ਇਸ ਸ਼ੈੱਡ ਦਾ ਨਿਰਮਾਣ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸ਼ੈੱਡ ਦੇ ਬਣਨ ਨਾਲ ਇਥੇ ਆਪਣੇ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਸ਼ੈੱਡ ਵਿੱਚ ਲੋਕਾਂ ਦੇ ਬੈਠਣ ਲਈ ਕੁਰਸੀਆਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਪ੍ਰਦਾਨ ਕਰਨ ਲਈ ਡਾ. ਦੀਪਕ ਗੋਇਲ ਦੇ ਸਹਿਯੋਗ ਨਾਲ ਸ਼ੈੱਡ ਵਿੱਚ ਵਾਟਰ ਕੂਲਰ ਵੀ ਲਗਾਇਆ ਗਿਆ ਹੈ। 
ਜ਼ਿਕਰਯੋਗ ਹੈ ਕਿ ਡਵੀਜ਼ਨਲ ਕਮਿਸ਼ਨਰ ਦੇ ਯਤਨਾਂ ਸਦਕਾ ਨਗਰ ਨਿਗਮ ਵੱਲੋਂ ਲੋਕਾਂ ਦੀ ਸੁਵਿਧਾ ਲਈ ਇਹ ਉਪਰਾਲਾ ਕੀਤਾ ਗਿਆ ਹੈ।
ਇਸ ਮੌਕੇ ਐਸ.ਡੀ.ਓ. ਬੀ.ਐਂਡ ਆਰ ਧੀਰਜ ਸਹੋਤਾ ਤੇ ਰਾਜੇਸ਼ ਬੱਤਰਾ, ਸੁਪਰਡੰਟ ਅਸ਼ੋਕ ਵਧਾਵਨ, ਵਿਕਾਸ ਮਹਿਤਾ ਤੇ ਮਨਜੀਤ ਸਿੰਘ, ਡਾ. ਦੀਪਕ ਗੋਇਲ ਆਦਿ ਵੀ ਮੌਜੂਦ ਸਨ। 
ਇਸ ਉਪਰੰਤ ਡਵੀਜ਼ਨਲ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਸਬੰਧੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਕਮਿਸ਼ਨਰ ਨਗਰ ਨਿਗਮ ਗੌਤਮ ਜੈਨ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। 
ਡਵੀਜ਼ਨਲ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਵਿੱਚ ਸੜਕਾਂ ਦੀ ਮੁਰੰਮਤ ਅਤੇ ਨਿਰਮਾਣ ਦੇ ਚੱਲ ਰਹੇ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਉਪਰਾਲੇ ਕੀਤੇ ਜਾਣ ਤਾਂ ਜੋ ਲੋਕਾਂ ਲਈ ਆਵਾਜਾਈ ਨੂੰ ਹੋਰ ਸੁਖਾਲਾ ਤੇ ਸੁਵਿਧਾਜਨਕ ਬਣਾਇਆ ਜਾ ਸਕੇ। ਇਸ ਇਲਾਵਾ ਉਨ੍ਹਾਂ ਸ਼ਹਿਰ ਦੇ ਚੌਕਾ ਅਤੇ ਡਿਵਾਈਡਰਾਂ ਦੀ ਸਾਫ-ਸਫਾਈ ਕਰਵਾਉਣ ਅਤੇ ਇਨ੍ਹਾਂ ਦੀ ਦਿੱਖ ਸੰਵਾਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੇ ਬੁਨਿਆਦੀ ਸਹੂਲਤਾਂ ਨਾਲ ਜੁੜੇ ਮੁੱਦਿਆਂ ਦਾ ਹੱਲ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਅਤੇ ਕਮਿਸ਼ਨਰ ਨਗਰ ਨਿਗਮ ਨੇ ਡਵੀਜ਼ਨਲ ਕਮਿਸ਼ਨਰ ਨੂੰ ਭਰੋਸਾ ਦਿਵਾਇਆ ਕਿ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਤੇ ਨਿਰਮਾਣ, ਚੌਕਾ ਤੇ ਡਿਵਾਈਡਰਾਂ ਦੀ ਸਾਫ-ਸਫਾਈ ਤੇ ਦਿੱਖ ਸੰਵਾਰਨ ਨਾਲ ਜੁੜੇ ਕੰਮਾਂ ਨੂੰ ਹੋਰ ਤੇਜ਼ ਕਰਦਿਆਂ ਜਲਦ ਨੇਪਰੇ ਚਾੜ੍ਹਿਆ ਜਾਵੇਗਾ।


88

Share News

Login first to enter comments.

Latest News

Number of Visitors - 135341