Thursday, 29 Jan 2026

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਸਬੰਧੀ ਸਜਾਇਆ ਨਗਰ ਕੀਰਤਨ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ।

ਨਗਰ ਕੀਰਤਨ ਦੀ ਆਰੰਭਤਾ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਣ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ’ਚੋਂ ਹੁੰਦਾ ਹੋਇਆ ਸ੍ਰੀ ਗੁਰੂ ਰਾਮਦਾਸ ਨਿਵਾਸ, ਚੌਂਕ ਪਰਾਗਦਾਸ, ਚੌਂਕ ਮੰਨਾ ਸਿੰਘ, ਚੌਂਕ ਕਰੋੜੀ, ਚੌਂਕ ਬਾਬਾ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ, ਗਲਿਆਰਾ, ਗੁਰਦੁਆਰਾ ਕੌਲਸਰ ਸਾਹਿਬ, ਆਟਾ ਮੰਡੀ, ਬਜ਼ਾਰ ਬਾਂਸਾਂ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਗੁਰੂ ਬਜ਼ਾਰ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੂਰਨ ਹੋਇਆ।

ਇਸ ਦੌਰਾਨ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਸਵਾਗਤ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਵਿਚ ਗਤਕਾ ਅਤੇ ਬੈਂਡ ਪਾਰਟੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਦੌਰਾਨ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਧਰਮ ਦੀ ਰੱਖਿਆ ਲਈ ਸ਼ਹਾਦਤ ਦੇ ਕੇ ਸੰਸਾਰ ਅੰਦਰ ਵਿਲੱਖਣ ਇਤਿਹਾਸ ਦੀ ਸਿਰਜਣਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਸਿੱਖਾਂ ਦੇ ਨਾਲ-ਨਾਲ ਪੂਰੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹੈ।


17

Share News

Latest News

Number of Visitors - 132749