Friday, 30 Jan 2026

- *ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਤੜਕਸਾਰ ਜਲੰਧਰ ਦਾ ਅਚਨਚੇਤ ਦੌਰਾ,।

ਸ਼ਹਿਰ ਦੀ ਸਫਾਈ ਵਿਵਸਥਾ ਦਾ ਲਿਆ ਜਾਇਜ਼ਾ*

- ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸੁਚਾਰੂ ਢੰਗ ਨਾਲ ਰੋਜ਼ਾਨਾ ਕੂੜੇ ਦੀ ਲਿਫ਼ਟਿੰਗ ਯਕੀਨੀ ਬਣਾਉਣ ਦੀ ਹਦਾਇਤ

- ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ’ਚ ਸਭ ਨੂੰ ਸਹਿਯੋਗ ਦੇਣ ਦੀ ਕੀਤੀ ਅਪੀਲ

- ਸੂਬੇ ਦੇ ਸ਼ਹਿਰਾਂ ਦੀ ਨੁਹਾਰ ਬਦਲਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ 

- ਲੇਬਰ ਡੇਅ ਦੀਆਂ ਦਿੱਤੀਆਂ ਮੁਬਾਰਕਾਂ

ਜਲੰਧਰ, 1 ਮਈ (ਸੋਨੂੰ) : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਤੜਕਸਾਰ ਸ਼ਹਿਰ ਦਾ ਅਚਨਚੇਤ ਦੌਰਾ ਕਰਕੇ ਸਫਾਈ ਵਿਵਸਥਾ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਕਮਿਸ਼ਨਰ ਨਗਰ ਨਿਗਮ ਗੌਤਮ ਜੈਨ ਅਤੇ ਮੇਅਰ ਵਿਨੀਤ ਧੀਰ ਵੀ ਉਨ੍ਹਾਂ ਨਾਲ ਮੌਜੂਦ ਸਨ।  
ਜ਼ਮੀਨੀ ਪੱਧਰ ’ਤੇ ਸਫਾਈ ਪ੍ਰਬੰਧਾਂ ਦੀ ਸਥਿਤੀ ਜਾਨਣ ਲਈ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਦੀ ਟੀਮ ਸਮੇਤ ਸ਼ਹਿਰ ਦੇ ਬੱਸ ਸਟੈਂਡ, ਰੇਲਵੇ ਸਟੇਸ਼ਨ, ਗੜਾ ਰੋਡ, ਪਿਮਸ ਰੋਡ ਅਤੇ ਦਮੋਰੀਆ ਪੁਲ ਸਮੇਤ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਅਤੇ ਮੌਕੇ ’ਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। 
ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸੁਚਾਰੂ ਢੰਗ ਨਾਲ ਰੋਜ਼ਾਨਾ ਕੂੜੇ ਦੀ ਲਿਫ਼ਟਿੰਗ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਕਿਸਮ ਦੀ ਦੇਰੀ ਨਹੀਂ ਹੋਣੀ ਚਾਹੀਦੀ।
   ਕੈਬਨਿਟ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਸਾਈਟਾਂ ’ਤੇ ਕੂੜਾ ਵੱਧ ਮਾਤਰਾ ਵਿੱਚ ਪਹੁੰਚਦਾ ਹੈ, ਉਥੇ ਰੋਜ਼ਾਨਾ ਸਵੇਰੇ ਅਤੇ ਸ਼ਾਮ ਕੂੜੇ ਦੀ ਲਿਫ਼ਟਿੰਗ ਯਕੀਨੀ ਬਣਾਈ ਜਾਵੇ। 
   ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਨੂੰ ਸਾਫ਼-ਸੁਥਰਾ ਰੱਖਣ ਦੇ ਨਾਲ-ਨਾਲ ਇਨ੍ਹਾਂ ਦੀ ਨੁਹਾਰ ਬਦਲਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਸ਼ਹਿਰਾਂ ਵਿੱਚ ਵੀ ਅਜਿਹੇ ਅਚਨਚੇਤ ਦੌਰੇ ਕੀਤੇ ਜਾਣਗੇ, ਤਾਂ ਜੋ ਲੋਕਾਂ ਨੂੰ ਸਵੱਛ ਮਾਹੌਲ ਅਤੇ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।
   ਕੈਬਨਿਟ ਮੰਤਰੀ ਨੇ ਲੋਕਾਂ ਨੂੰ ਸ਼ਹਿਰਾਂ ਨੂੰ ਸਾਫ਼-ਸੁਥਰਾ ਰੱਖਣ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਫਾਈ ਵਿਵਸਥਾ ਨੂੰ ਕਾਇਮ ਰੱਖਣ ਵਿੱਚ ਹਰੇਕ ਨਾਗਰਿਕ ਦੀ ਭੂਮਿਕਾ ਬਹੁਤ ਮਹੱਤਵਪੂਰਣ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਦਾ ਕੂੜਾ ਬਾਹਰ ਸੜਕਾਂ ’ਤੇ ਨਾ ਸੁੱਟਣ, ਸਗੋਂ ਨਿਰਧਾਰਤ ਥਾਵਾਂ ’ਤੇ ਹੀ ਕੂੜਾ ਪਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਵਿਭਾਗ ਹਮੇਸ਼ਾ ਲੋਕਾਂ ਦੀ ਸਹਾਇਤਾ ਲਈ ਤਤਪਰ ਹੈ ਅਤੇ ਸਫਾਈ ਸੰਬੰਧੀ ਕਿਸੇ ਵੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇਗਾ।
   ਉਨ੍ਹਾਂ ਲੇਬਰ ਨਾਲ ਸਬੰਧਤ ਕਰਮਚਾਰੀਆਂ ਨੂੰ ਲੇਬਰ ਡੇਅ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਸਹੂਲਤਾਂ ਪੱਖੋਂ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਮਜ਼ਦੂਰ ਸਮਾਜ ਦਾ ਇਕ ਅਹਿਮ ਅੰਗ ਹਨ, ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਇਹਨਾਂ ਦੇ ਨਾਲ ਖੜ੍ਹੀ ਹੈ।
   ਉਪਰੰਤ ਕੈਬਨਿਟ ਮੰਤਰੀ ਵੱਲੋਂ ਡਿਪਟੀ ਕਮਿਸ਼ਨਰ, ਕਮਿਸ਼ਨਰ ਨਗਰ ਨਿਗਮ, ਮੇਅਰ ਅਤੇ ਨਿਗਮ ਦੇ ਹੋਰਨਾਂ ਅਧਿਕਾਰੀਆਂ ਨਾਲ ਨਗਰ ਨਿਗਮ ਜਲੰਧਰ ਵਿਖੇ ਉੱਚ ਪੱਧਰੀ ਮੀਟਿੰਗ ਕੀਤੀ ਗਈ, ਜਿਸ ਵਿੱਚ ਸ਼ਹਿਰ ਵਿੱਚ ਸਫਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ, ਸੁਚਾਰੂ ਢੰਗ ਨਾਲ ਲੋਕਾਂ ਨੂੰ ਪਾਣੀ, ਸੜਕਾਂ, ਸਟ੍ਰੀਟ ਲਾਈਟਾਂ ਅਤੇ ਬਿਹਤਰ ਸੀਵਰੇਜ ਸਿਸਟਮ ਸਮੇਤ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ।
-------


117

Share News

Login first to enter comments.

Latest News

Number of Visitors - 133633