ਜਲੰਧਰ ਅੱਜ ਮਿਤੀ 14 ਸਤੰਬਰ (ਸੋਨੂੰ) ; ਜਲੰਧਰ: ਮਹਿਲਾ ਕਾਂਗਰਸ ਜਲੰਧਰ ਅਰਬਨ ਦੀ ਪ੍ਰਧਾਨ ਪ੍ਰੋ. ਅਨੁਰਾਧਾ ਬੰਗਾ ਨੇ ਜਲੰਧਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ 15 ਸਤੰਬਰ ਨੂੰ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਪਹੁੰਚ ਕੇ ਨਸ਼ਿਆਂ ਦੇ ਮੁੱਦੇ ਅਤੇ ਗੁਲਜ਼ਾਰ ਸਿੰਘ ਮਾਮਲੇ ਸਬੰਧੀ ਕੀਤੇ ਜਾ ਰਹੇ ਰੋਸ ਮਾਰਚ ਵਿੱਚ ਸ਼ਮੂਲੀਅਤ ਕਰਨ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਲਗਾਤਾਰ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਗੁਲਜ਼ਾਰ ਸਿੰਘ ਮਾਮਲੇ ਨੇ ਵੀ ਸਰਕਾਰ ਦੀ ਕਾਰਗੁਜ਼ਾਰੀ ਅਤੇ ਆਮ ਲੋਕਾਂ ਦੀ ਸੁਰੱਖਿਆ ਸਬੰਧੀ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਨ੍ਹਾਂ ਮੁੱਦਿਆਂ ’ਤੇ ਸਰਕਾਰ ਤੋਂ ਜਵਾਬਦੇਹੀ, ਨਿਰਪੱਖ ਜਾਂਚ ਅਤੇ ਨਸ਼ਿਆਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਦੀ ਮੰਗ ਨੂੰ ਲੈ ਕੇ ਇਹ ਰੋਸ ਮਾਰਚ ਕੀਤਾ ਜਾ ਰਿਹਾ ਹੈ।
ਪ੍ਰੋ. ਅਨੁਰਾਧਾ ਬੰਗਾ ਨੇ ਦੱਸਿਆ ਕਿ AICC ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਸ੍ਰੀ ਸਚਿਨ ਪਾਇਲਟ ਜੀ ਦੀ ਅਗਵਾਈ ਹੇਠ 15 ਸਤੰਬਰ ਨੂੰ ਚੰਡੀਗੜ੍ਹ ਵਿਖੇ ਇਹ ਰੋਸ ਮਾਰਚ ਕੱਢਿਆ ਜਾਵੇਗਾ। ਮਾਰਚ PPCC ਕਾਂਗਰਸ ਦਫ਼ਤਰ ਤੋਂ ਸ਼ੁਰੂ ਹੋ ਕੇ ਪੰਜਾਬ ਦੇ ਵਿੱਤ ਮੰਤਰੀ ਦੀ ਰਿਹਾਇਸ਼ ਵੱਲ ਜਾਵੇਗਾ।
ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਮੁੱਦਾ ਕਿਸੇ ਇੱਕ ਪਰਿਵਾਰ ਜਾਂ ਇੱਕ ਵਰਗ ਦਾ ਨਹੀਂ, ਸਗੋਂ ਪੂਰੇ ਪੰਜਾਬ ਦੇ ਭਵਿੱਖ ਨਾਲ ਜੁੜਿਆ ਹੋਇਆ ਮੁੱਦਾ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਲਈ ਲੋਕਾਂ ਦਾ ਇਕੱਠੇ ਹੋਣਾ ਜ਼ਰੂਰੀ ਹੈ।
ਪ੍ਰੋ. ਅਨੁਰਾਧਾ ਬੰਗਾ ਨੇ ਜਲੰਧਰ ਵਾਸੀਆਂ ਨੂੰ ਅਪੀਲ ਕੀਤੀ ਕਿ 15 ਸਤੰਬਰ ਨੂੰ ਚੰਡੀਗੜ੍ਹ ਪਹੁੰਚ ਕੇ ਨਸ਼ਿਆਂ ਖ਼ਿਲਾਫ਼ ਅਤੇ ਪੰਜਾਬ ਦੇ ਹੱਕ ਵਿੱਚ ਆਪਣੀ ਆਵਾਜ਼ ਬੁਲੰਦ ਕਰਨ।





Comments
No comments yet.